ਚੰਨੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਇੱਕ ਹੋਰ ਵਿਧਾਇਕ ਕਾਂਗਰਸ ਚ ਸ਼ਾਮਿਲ

ਵਿਧਾਨ ਸਭਾ ਦੀਆਂ ਨੇੜੇ ਆ ਰਹੀਆਂ ਚੋਣਾਂ ਨੂੰ ਦੇਖਦੇ ਹੋਏ ਵੱਖ ਵੱਖ ਪਾਰਟੀਆਂ ਦੇ ਕਈ ਨੇਤਾ ਇੱਕ ਦੂਜੀ ਪਾਰਟੀ ਵਿੱਚ ਦਿਲਚਸਪੀ ਦਿਖਾ ਰਹੇ ਹਨ। ਇਕ ਪਾਸੇ ਤਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੀਆਂ ਗਾਰੰਟੀਆਂ ਦੇ ਰਹੇ ਹਨ। ਦੂਜੇ ਪਾਸੇ ਉਨ੍ਹਾਂ ਦੀ ਪਾਰਟੀ ਦੇ ਵਿਧਾਇਕ ਉਨ੍ਹਾਂ ਦਾ ਸਾਥ ਛੱਡ ਕੇ ਜਾ ਰਹੇ ਹਨ। ਅੱਜ ਆਮ ਆਦਮੀ ਪਾਰਟੀ ਨੂੰ ਹਲਕਾ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਛੱਡ ਗਏ।

ਬਾਘਾ ਪੁਰਾਣਾ ਵਿਖੇ ਹੋ ਰਹੀ ਕਾਂਗਰਸ ਦੀ ਰੈਲੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਕਾਂਗਰਸ ਵਿੱਚ ਸ਼ਮੂਲੀਅਤ ਕਰ ਲਈ। ਇਸ ਸਮੇਂ ਕਾਂਗਰਸ ਦੇ ਹੋਰ ਵੀ ਕਈ ਆਗੂ ਹਾਜਰ ਸਨ। ਇਹ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਕਿਹਾ ਜਾ ਸਕਦਾ ਹੈ। ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਉਸ ਸਮੇਂ ਪਾਰਟੀ ਨੂੰ ਝਟਕਾ ਦਿੱਤਾ, ਜਦੋਂ ਚੋਣਾਂ ਬਿਲਕੁਲ ਸਿਰ ਉੱਤੇ ਹਨ।

ਅਜੇ ਕੁਝ ਸਮਾਂ ਪਹਿਲਾਂ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਸੀ। 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਪਾਰਟੀ ਦਾ ਸਾਥ ਛੱਡ ਚੁੱਕੇ ਹਨ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੇ ਹਨ। ਜਗਤਾਰ ਸਿੰਘ ਜੱਗਾ ਬਾਰੇ ਤਾਂ ਉਸ ਸਮੇਂ ਹੀ ਅੰਦਾਜ਼ੇ ਲਗਾਏ ਜਾ ਰਹੇ ਸਨ, ਜਦੋਂ ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜੱਫੀ ਪਾਈ ਸੀ।

ਜਗਤਾਰ ਸਿੰਘ ਜੱਗਾ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਮੁੱਖ ਮੰਤਰੀ ਆਮ ਆਦਮੀ ਹਨ। ਉਹ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠ ਗਏ ਸਨ। ਜਿਸ ਤੋਂ ਅੰਦਾਜ਼ਾ ਲਗਾਇਆ ਜਾਣ ਲੱਗਾ ਸੀ ਕਿ ਦੇਰ ਸਵੇਰ ਉਹ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਚਲੇ ਜਾਣਗੇ। ਲੋਕਾਂ ਦੇ ਅੰਦਾਜ਼ੇ ਉਸ ਸਮੇਂ ਸੱਚ ਹੋ ਨਿੱਬੜੇ ਜਦੋਂ ਅੱਜ ਬਾਘਾ ਪੁਰਾਣਾ ਵਿਖੇ ਜਗਤਾਰ ਸਿੰਘ ਜੱਗਾ ਕਾਂਗਰਸ ਵਿੱਚ ਸ਼ਾਮਲ ਹੋ ਗਏ।

Leave a Reply

Your email address will not be published. Required fields are marked *