2015 ਵਿੱਚ ਵਾਪਰੇ ਕੋਟਕਪੂਰਾ ਕਾਂਡ ਸਬੰਧੀ ਅਦਾਲਤ ਵਿੱਚ ਚਲਾਨ ਪੇਸ਼ ਹੋਣ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਉਥਲ ਪੁਥਲ ਆਉੰਦੀ ਨਜ਼ਰ ਆ ਰਹੀ ਹੈ, ਕਿਉਂਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਇਸ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਮ ਵੀ ਲਿਆ ਗਿਆ ਹੈ।

ਉਨ੍ਹਾਂ ਤੇ ਇਸ ਮਾਮਲੇ ਵਿੱਚ ਮੱਦਦ ਕਰਨ ਦੀ ਗੱਲ ਆਖੀ ਗਈ ਹੈ। ਜਿਸ ਤੋਂ ਬਾਅਦ ਰਾਜਨੀਤਕ ਆਗੂਆਂ ਦੇ ਬਿਆਨ ਆਉਣੇ ਸ਼ੁਰੂ ਹੋ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਆਗੂ ਸਰਚਾਂਦ ਸਿੰਘ ਨੇ ਤਾਂ ਪ੍ਰਕਾਸ਼ ਸਿੰਘ ਬਾਦਲ ਨੂੰ ਚੱਕਰ ਵਿੱਚ ਪਾ ਦਿੱਤਾ ਹੈ।

ਇਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਕਾਸ਼ ਸਿੰਘ ਬਾਦਲ ਨੂੰ ਕਹਿਣ ਕਿ ਜਿੰਨੀ ਦੇਰ ਸ: ਬਾਦਲ ਇਸ ਮਾਮਲੇ ਵਿੱਚੋਂ ਬਰੀ ਨਹੀਂ ਹੋ ਜਾਂਦੇ, ਉਹ ਫਖਰ-ਏ-ਕੌਮ ਦਾ ਅਵਾਰਡ ਵਾਪਸ ਕਰ ਦੇਣ।

ਇੱਥੇ ਦੱਸਣਾ ਬਣਦਾ ਹੈ ਕਿ ਪੇਸ਼ ਕੀਤੇ ਗਏ ਚਲਾਨ ਮੁਤਾਬਕ ਇਸ ਮਾਮਲੇ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਕੁਝ ਪੁਲਿਸ ਅਫਸਰਾਂ ਦੇ ਨਾਮ ਵੀ ਸਾਹਮਣੇ ਆਏ ਹਨ।

ਇਹ ਘਟਨਾ 2015 ਵਿੱਚ ਵਾਪਰੀ ਸੀ। ਇਸ ਮਾਮਲੇ ਦੇ ਸਬੰਧ ਵਿੱਚ ਇਨਸਾਫ਼ ਲੈਣ ਲਈ ਜਥੇਬੰਦੀਆਂ ਹੁਣ ਤੱਕ ਸੰਘਰਸ਼ ਕਰ ਰਹੀਆਂ ਹਨ। ਦੁੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਇਸ ਚਾਰਜਸ਼ੀਟ ਨੂੰ ਮਨਘੜਤ, ਫਰਜ਼ੀ ਅਤੇ ਝੂਠੀ ਦੱਸ ਰਹੇ ਹਨ।

ਇਨ੍ਹਾਂ ਨੇਤਾਵਾਂ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਦੇ ਨਾਮ ਸ਼ਾਮਲ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮਾਮਲੇ ਤੇ ਰਾਜਨੀਤੀ ਕਰ ਰਹੇ ਹਨ।

ਜੋ ਕਿ ਗਲਤ ਗੱਲ ਹੈ। ਦੇਖਦੇ ਹਾਂ ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਕੀ ਰੁਖ ਅਖਤਿਆਰ ਕਰਦਾ ਹੈ। ਫਿਲਹਾਲ ਇਸ ਸਮੇਂ ਰਾਜਨੀਤੀਵਾਨ ਬਾਦਲ ਪਰਿਵਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਹਨ।